Sunday, 23 February 2014

news 24th Feb 2014








ਮਿਡ ਡੇ ਮੀਲ ਵਰਕਰਾਂ ਨੇ ਪੰਜਾਬ ਸਰਕਾਰ ਦੀ ਫੂਕੀ ਅਰਥੀ

ਮਲੋਟ, 23 ਫਰਵਰੀ (ਗੁਰਮੀਤ ਸਿੰਘ ਮੱਕੜ)-ਤਹਿਸੀਲ ਦੇ ਸਰਕਾਰੀ ਸਕੂਲਾਂ 'ਚ ਕੰਮ ਕਰਦੇ ਮਿਡ-ਡੇ-ਮੀਲ ਵਰਕਰਾਂ ਨੇ ਸਥਾਨਕ ਦਾਣਾ ਮੰਡੀ ਵਿਖੇ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਜ਼ਿਲ੍ਹਾ ਪ੍ਰਧਾਨ ਰਮਨਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਵਰਕਰਾਂ ਨੂੰ ਦਿੱਤਾ ਜਾ ਰਿਹਾ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਮਾਣ ਭੱਤਾ ਇਕ ਕੋਝਾ ਮਜ਼ਾਕ ਹੈ | ਬਲਾਕ ਪ੍ਰਧਾਨ ਜਸਪ੍ਰੀਤ ਕੌਰ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤ ਕਾਨੂੰਨ ਅਧੀਨ ਲਿਆ ਕੇ 7028 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ | ਧਰਨੇ ਨੂੰ ਡੈਮੋਕ੍ਰੇਟਿਕ ਇੰਪਲਾਈਜ਼ ਫਰੰਟ ਵੱਲੋਂ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ, ਸੀਨੀ. ਮੀਤ ਪ੍ਰਧਾਨ ਜਗਸੀਰ ਸਿੰਘ ਗਿੱਲ, ਮਿੱਠੂ ਲਾਲਬਾਈ, ਨੌਜਵਾਨ ਭਾਰਤ ਸਭਾ ਦੇ ਮੰਗਾ ਆਜ਼ਾਦ ਨੇ ਵੀ ਸੰਬੋਧਨ ਕੀਤਾ | ਵਰਕਰਾਂ ਵੱਲੋਂ ਕੀਤੇ ਗਏ ਅਰਥੀ ਫੂਕ ਪ੍ਰਦਰਸ਼ਨ ਦੌਰਾਨ ਤਜਿੰਦਰ ਸਿੰਘ, ਜਗਸੀਰ ਸਿੰਘ, ਜਸਵਿੰਦਰ ਸਿੰਘ ਤੇ ਉਦਮ ਸਿੰਘ ਨੇ ਵੀ ਸ਼ਿਰਕਤ ਕੀਤੀ |